ਕਣਕਾਂ ਦੀ ਮੁੱਕ ਗਈ ਰਾਖੀ, ਓ ਜੱਟਾ ਆਈ ਵਿਸਾਖੀ।
ਜਿੱਥੇ ਰੁੱਤ ਵਿਸਾਖੀ ਦੀ ਲੈ ਕੇ ਆਉਂਦੀ ਮਸਤ ਬਹਾਰਾਂ,
ਪਾ ਭੰਗੜੇ ਨੱਚਦੇ ਨੇ ਥਾਂ-ਥਾਂ ਗੱਭਰੂ ਤੇ ਮੁਟਿਆਰਾਂ।
ਭਾਰਤੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪਰਮਾਤਮਾ ਦੇ ਸਿਮਰਨ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ 'ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ' ਸ਼ਬਦ ਗਾਇਨ ਕੀਤਾ।
ਇਸ ਉਪਰੰਤ ਪੰਜਾਬੀ ਅਧਿਆਪਕਾ ਲਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਅਤੇ ਮਹੱਤਵ ਬਾਰੇ ਅਹਿਮ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਨਰਸਰੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਡਾਂਸ ਅਤੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ।
ਇਸ ਉਪਰੰਤ ਇੰਟਰ-ਹਾਊਸ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਦੂਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਗਿੱਧਾ, ਭੰਗੜਾ ਅਤੇ ਲੋਕ ਗੀਤਾਂ ਦੀਆਂ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।
ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਵਿਸਾਖੀ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।